Hindi English Punjabi

ਫ਼ਿਰੋਜ਼ਪੁਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ

26

ਫ਼ਿਰੋਜ਼ਪੁਰ, 5 ਦਸੰਬਰ- ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ 2024 ਨੂੰ ਮਨਾਇਆ ਜਾਂਦਾ ਹੈ। ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਸਬੰਧ ਵਿੱਚ ਕਾਰਜਵਾਹਕ ਸੁਪਰਡੈਂਟ, ਜ਼ਿਲ੍ਹਾ ਰੱਖਿਆ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਉਨ੍ਹਾਂ ਦੇ ਸਟਾਫ਼ ਮੈਬਰਾਂ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਦੀਪਸ਼ਿਖਾ, ਆਈਏਐੱਸ ਨੂੰ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ ਗਈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ੍ਹ ਵਾਸਤੇ ਕੁਰਬਾਨ ਕੀਤਾ ਹੈ। ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ ਜਿਸ ਨਾਲ ਸੈਨਿਕਾਂ ਦੇ ਪਰਿਵਾਰਾਂ ਨੂੰ ਹੌਂਸਲਾ ਮਿਲਦਾ ਹੈ ਅਤੇ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ, ਜੋ ਕਿ ਸ਼ਲਾਘਾਯੋਗ ਹਨ। ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ। ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜ਼ਿੰਮੇਵਾਰੀ ਬਣ ਜਾਂਦੀ ਹੈ। ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ ਸਮੇਂ ਤੇ ਕਈ ਪ੍ਰਕਾਰ ਦੀ ਮੱਦਦ ਕਰਦੀ ਹੈ, ਪਰ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਸਹਾਨੂਭੂਤੀ ਪ੍ਰਗਟ ਕਰਨ ਲਈ ਇੱਕ ਸੁਨਿਹਰੀ ਮੌਕਾ ਪ੍ਰਦਾਨ ਕਰਦਾ ਹੈ। ਇਸ ਲਈ ਭਾਰਤ ਦੇਸ਼ ਦਾ ਹਰ ਨਾਗਰਿਕ ਝੰਡਾ ਦਿਵਸ ਮਨਾ ਕੇ ਦਿਲ ਖੋਲ ਕੇ ਦਾਨ ਕਰਦਾ ਹੈ। ਦਾਨ ਵੱਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸ਼ਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਹੋਰ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਲਈ ਵਰਤਿਆ ਜਾਂਦਾ ਹੈ। ਇਸ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਇਸ ਝੰਡਾ ਦਿਵਸ ਤੇ ਸਾਰੇ ਫਿਰੋਜ਼ਪੁਰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ, ਕਾਲਜ਼ਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ਉਨ੍ਹਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਲਾਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪ੍ਰਵਾਹ ਨਾਂ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ਅਤੇ ਸਾਡੇ ਕੱਲ ਲਈ ਆਪਣਾ ਅੱਜ ਕੁਰਬਾਨ ਕੀਤਾ। ਇਨ੍ਹਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਹੀ ਅਸੀਂ ਦੇਸ਼ ਦੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਲਈ ਸਾਡਾ ਇਹ ਸਮਾਜਿਕ ਫਰਜ਼ ਬਣਦਾ ਹੈ ਕਿ ਅਸੀਂ ਵੀ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਈਏ। ਸ਼ਹੀਦ ਸਦਾ ਅਮਰ ਰਹਿੰਦੇ ਹਨ। ਇਸ ਸ਼ੁੱਭ ਮੌਕੇ ’ਤੇ ਅਸੀ ਆਪਣੀ ਸਮਰੱਥਾ ਅਨੁਸਾਰ ਵੱਧ–ਚੜ੍ਹ ਕੇ ਦਾਨ ਕਰੀਏ। ਡਿਪਟੀ ਕਮਿਸ਼ਨਰ ਨੇ ਇਹ ਵੀ ਜਾਣੂੰ ਕਰਵਾਇਆ ਕਿ ਇਸ ਸ਼ੁਭ ਕਾਰਜ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਭਾਰਤ ਸਰਕਾਰ ਵੱਲੋਂ ਕਰ ਮੁਕਤ ਹੋਵੇਗੀ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਿਰੋਜ਼ਪੁਰ ਦੇ ਸਟਾਫ਼ ਤੋਂ ਇਲਾਵਾ ਹੋਰਨਾਂ ਸਮੇਤ ਮਨਜੀਤ ਸਿੰਘ, ਨਿੱਜੀ ਸਹਾਇਕ ਡਿਪਟੀ ਕਮਿਸ਼ਨਰ ਫ਼ਿਰੋਜ਼ਪਰ ਵੀ ਹਾਜ਼ਰ ਸਨ।