ਅੱਜ ਹੁਸ਼ਿਆਰਪੁਰ ਵਿਖੇ ਸੰਵਿਧਾਨ ਨਿਰਮਾਤਾ ਡਾ.ਬੀ.ਆਰ. ਅੰਬੇਡਕਰ ’ਤੇ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਕੀਤੀ ਗਈ ਟਿੱਪਣੀ ਦੇ ਵਿਰੋਧ ‘ਚ ਕਾਂਗਰਸ ਵੱਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਕਾਂਗਰਸ ਭਵਨ ਤੋਂ ਸ਼ੁਰੂ ਹੋ ਕੇ ਮਿੰਨੀ ਸਕੱਤਰੇਤ ਤੱਕ ਗਿਆ, ਜਿਸ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰੁਣ ਡੋਗਰਾ ਮਿੱਕੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀਆਂ ਨੇ ਗ੍ਰਹਿ ਮੰਤਰੀ ਦੀ ਟਿੱਪਣੀ ਨੂੰ ਸੰਵਿਧਾਨ ਅਤੇ ਦੇਸ਼ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਦੱਸਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ। ਰੋਸ ਮਾਰਚ ਵਿੱਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ, ਪਵਨ ਆਦੀਆ, ਇੰਦੂ ਬਾਲਾ, ਰਾਜੇਸ਼ ਗੁਪਤਾ, ਨਵੀ ਰੀਹਲ, ਯਾਮਿਨੀ ਗੋਮਰ, ਅਮਰਪ੍ਰੀਤ ਲਾਲੀ, ਐਡਵੋਕੇਟ ਰੋਹਿਤ ਜੋਸ਼ੀ, ਐਡਵੋਕੇਟ ਰਣਜੀਤ ਕੁਮਾਰ, ਰਜਨੀਸ਼ ਟੰਡਨ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦਾ ਅਪਮਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਟਿੱਪਣੀਆਂ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਪੈਦਾ ਹੋ ਸਕਦਾ ਹੈ। ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗ੍ਰਹਿ ਮੰਤਰੀ ਨੇ ਆਪਣੀ ਟਿੱਪਣੀ ਸਪੱਸ਼ਟ ਨਾ ਕੀਤੀ ਤਾਂ ਪ੍ਰਦਰਸ਼ਨ ਹੋਰ ਹਿੰਸਕ ਰੂਪ ਲੈ ਸਕਦੇ ਹਨ।ਇਹ ਰੋਹ ਮਾਰਚ ਜ਼ਿਲ੍ਹੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਿਹਾ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਰੋਸ ਮਾਰਚ ਦਾ ਸਮਰਥਨ ਕੀਤਾ।
