Hindi English Punjabi

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਮੁਲਜ਼ਮ ਨੂੰ ਪਹਿਲੀ ਕਿਸ਼ਤ ਵਜੋਂ ਲਏ ਸੀ 5,000 ਰੁਪਏ

ਚੰਡੀਗੜ੍ਹ, 30 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਪਿੰਦਰ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ(EOW) ਪੰਜਾਬ, ਲੁਧਿਆਣਾ, ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।