ਬਟਾਲਾ, 14 ਜਨਵਰੀ ( ) :Fact Recorder
ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ 19 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਆਨ-ਲਾਈਨ ਅਤੇ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ‘ਇਲੈਕਸ਼ਨ ਕੁਇਜ਼-2025’ ਤਹਿਤ ਆਫ਼ ਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੱਕ ਵੈਬਸਾਈਟ https://punjab.indiastatquiz.com ’ਤੇ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ ਆਨ-ਲਾਈਨ ਹੋਵੇਗਾ ਜਦਕਿ ਸੂਬਾ ਪੱਧਰੀ ਆਫਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਉਨਾਂ ਕਿਹਾ ਕਿ ਰਜਿਸਟਰੇਸ਼ਨ ਸਮੇਂ ਹਰੇਕ ਬਿਨੈਕਾਰ ਨੂੰ ਬਤੌਰ ਸਬੂਤ ਆਪਣਾ ਆਧਾਰ ਕਾਰਡ, ਵੋਟਰ ਕਾਰਡ, ਜਾਂ ਸਕੂਲ /ਕਾਲਜ ਦਾ ਆਈਡੀ ਕਾਰਡ ਅਪਲੋਡ ਕਰਨਾ ਜ਼ਰੂਰੀ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ-ਚੜ੍ਹ ਕੇ ਇਸ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲੈਣ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਉਤਸ਼ਾਹਤ ਕੀਤਾ ਜਾਵੇ।
ਉਨਾਂ ਨੇ ਅੱਗੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲਿਆਂ ਤਹਿਤ ਜ਼ਿਲ੍ਹਾ ਪੱਧਰ ਦੇ ਜੇਤੂਆ ਦੀ ਪਛਾਣ ਕੀਤੀ ਜਾਵੇਗੀ ਅਤੇ ਫਾਈਨਲ ਆਫਲਾਈਨ ਮੁਕਾਬਲਾ 23 ਜ਼ਿਲਿ੍ਹਆਂ ਦੇ ਜੇਤੂਆਂ ਵਿਚਕਾਰ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਨੂੰ ਪਹਿਲਾ ਇਨਾਮ ਵਿੰਡੋ ਲੈਪਟਾਪ, ਦੂਜਾ ਇਨਾਮ ਐਂਡਰੋਇਡ ਟੈਬਲੇਟ ਤੇ ਤੀਜਾ ਇਨਾਮ ਸਮਾਰਟ ਘੜੀ ਦੇ ਕੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਕੌਮੀ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿਖੇ ਸਨਮਨਤ ਕੀਤਾ ਜਾਵੇਗਾ।