A team of the Department of Agriculture conducted a surprise check of pesticide and fertilizer sellers’ shops in Faridkot city.

ਕਿਸਾਨਾਂ ਨੂੰ ਮਿਆਰੀ ਨਦੀਨਨਾਸ਼ਕ ਉਪਲਬਧ ਕਰਵਾਉਣ ਲਈ ਖਾਦਾਂ ਦੇ ਸੈਂਪਲ ਭਰੇ ਗਏ 
ਫਰੀਦਕੋਟ: 18 ਜਨਵਰੀ 2025 : Fact Recorder
ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫ਼ਰੀਦਕੋਟ ਸ਼ਹਿਰ ਵਿੱਚ ਖਾਦ ਵਿਕਰੇਤਾਵਾਂ  ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ ।
ਟੀਮ ਵਿਚ  ਡਾ.ਰਮਨਦੀਪ  ਸਿੰਘ ਬਲਾਕ  ਖੇਤੀਬਾੜੀ ਅਫਸਰ ,ਸ਼ਮਿੰਦਰ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ,ਪ੍ਰੀਤ ਸਿੰਘ  ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ ਖਾਦਾਂ ਦੇ ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।
         ਗੱਲਬਾਤ ਕਰਦਿਆਂ ਡਾ. ਅਮਰੀਕ  ਸਿੰਘ  ਨੇ ਦੱਸਿਆ ਕਿ ਜ਼ਿਲਾ ਫਰੀਦਕੋਟ  ਵਿੱਚ ਕਣਕ ਦੀ ਫ਼ਸਲ ਵਿਚ ਛੋਟੇ ਖੁਰਾਕੀ ਤੱਤਾਂ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਖਾਦਾਂ ਖਾਸ ਕਰਕੇ ਛੋਟੇ ਖੁਰਾਕੀ ਤੱਤਾਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ  ਦੀ ਭਾਵੇਂ ਫ਼ਸਲ ਨੂੰ ਬਹੁਤ ਘੱਟ ਮਾਤਰਾ ਵਿਚ ਜ਼ਰੂਰਤ ਹੁੰਦੀ ਹੈ ਪਰ ਇਹ ਖੁਰਾਕੀ ਤੱਤ ਫ਼ਸਲ ਲਈ ਬਹੁਤ ਜ਼ਰੂਰੀ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਦਾ ਛਿੜਕਾਅ ਜ਼ਰੂਰਤ ਅਨੁਸਾਰ ਹੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਯੂਰੀਆ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਯੂਰੀਆ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ । ਉਨ੍ਹਾਂ ਸਮੂਹ ਡੀਲਰਾਂ  ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਖਾਦ ਦੀ ਹੋਈ ਵਿਕਰੀ ਦਾ ਸਟਾਕ ਪੋਸ ਮਸ਼ੀਨਾਂ ਵਿਚੋਂ ਰੋਜਾਨਾ ਕਢਿਆ ਜਾਵੇ ਤਾਂ ਜੋ ਖਾਦ ਦੀ ਸਪਲਾਈ ਵਿਚ ਕੋਈ ਵਿਘਨ ਨਾ ਪਵੇ । ਉਨ੍ਹਾਂ ਕਿਹਾ ਕਿ ਡੀਲਰਾਂ /ਸਹਿਕਾਰੀ ਸਭਾਵਾਂ  ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।
ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ. ਰਮਨਦੀਪ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।