ਜਲੰਧਰ, 28 ਜਨਵਰੀ :Fact Recorder
- ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ
- ਵੋਟਰ ਸੂਚੀ ’ਚ ਦਰਜ ਵੇਰਵਿਆਂ ’ਤੇ ਦਾਅਵੇ ਤੇ ਇਤਰਾਜ਼ ਪ੍ਰਾਪਤੀ ਦੀ ਆਖਰੀ ਮਿਤੀ ਵਿੱਚ 10 ਮਾਰਚ 2025 ਤੱਕ ਵਾਧਾ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ 3 ਜਨਵਰੀ 2025 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਇਸ ਸੂਚੀ ’ਤੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 24 ਜਨਵਰੀ 2025 ਨਿਰਧਾਰਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਵੱਲੋਂ ਪ੍ਰਾਪਤ ਰਿਵਾਈਜ਼ਡ ਸ਼ਡਿਊਲ ਅਨੁਸਾਰ ਇਸ ਮਿਤੀ ਵਿੱਚ ਤਬਦੀਲੀ ਕਰਦੇ ਹੋਏ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਤੀ 10 ਮਾਰਚ 2025 ਤੱਕ ਵਧਾ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 10 (3) ਅਨੁਸਾਰ 24 ਮਾਰਚ 2025 ਤੱਕ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ 15 ਅਪ੍ਰੈਲ ਨੂੰ ਸਪਲੀਮੈਂਟਰੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ ਅਤੇ 16 ਅਪ੍ਰੈਲ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।
